ਵਿਧਾਨ ਸਭਾ ਵੱਲ ਕੂਚ ਕਰ ਰਹੇ ਪੰਜਾਬ ਦੇ ਮੁਲਾਜ਼ਮਾਂ ਤੇ ਅਧਿਆਪਕਾਂ ਤੇ ਪੁਲਿਸ ਦਾ ਤਸ਼ੱਦਦ, ਲਾਠੀ ਚਾਰਜ, ਅਤੇ ਪਾਣੀ ਦੀਆਂ ਬੋਸ਼ਾਰਾਂ

ਮੋਹਾਲੀ/ਚੰਡੀਗੜ/ਡੀ,ਪੀ,ਐਚ ਨਿਊਜ਼

ਪੁਰਾਣੀ ਪੈਨਸ਼ਨ ਬਹਾਲੀ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਪੰਜਾਬ ਦੇ ਮੁਲਾਜ਼ਮ ਅਤੇ ਅਧਿਆਪਕ ਜਦੋਂ ਅੱਜ ਵਿਧਾਨ ਸਭਾ ਵੱਲ ਕੂਚ ਕਰਨ ਲਈ ਮੋਹਾਲੀ-ਚੰਡੀਗੜ੍ਹ ਬਾਰਡਰ ਦੇ ਰਸਤੇ ਨਿਕਲੇ ਤਾਂ, ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ।ਪੁਲਿਸ ਨੇ ਪਹਿਲਾਂ ਅਧਿਆਪਕਾਂ ਤੇ ਮੁਲਾਜ਼ਮਾਂ ਉੱਪਰ ਬੇਤਹਾਸ਼ਾ ਲਾਠੀਚਾਰਜ ਕੀਤਾ, ਪਾਣੀਆਂ ਦੀਆਂ ਬੁਛਾੜਾਂ ਮਾਰਨ ਦੇ ਨਾਲ ਨਾਲ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ।ਦੱਸ ਦਈਏ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀ.ਪੀ.ਐਫ਼. ਕਰਮਚਾਰੀ ਯੂਨੀਅਨ ਅਤੇ ਸੂਬੇ ਦੀਆਂ ਹੋਰ ਟਰੇਡ ਯੂਨੀਅਨਾਂ ਵੱਲੋਂ ਬਜ਼ਟ ਵਾਲੇ ਦਿਨ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ।ਜਿਵੇਂ ਹੀ ਮੁਲਾਜ਼ਮ ਚੰਡੀਗੜ੍ਹ-ਮੋਹਾਲੀ ਬਾਰਡਰ ਤੇ ਪਹੁੰਚੇ ਤਾਂ, ਉਨ੍ਹਾਂ ਉੱਪਰ ਪੁਲਿਸ ਨੇ ਪਹਿਲਾਂ ਲਾਠੀਚਾਰਜ ਕੀਤਾ, ਫਿਰ ਪਾਣੀਆਂ ਦੀਆਂ ਬੁਛਾੜਾਂ ਮਾਰ ਕੇ ਅੱਥਰੂ ਗੈਸ ਦੇ ਗੋਲੇ ਸੁੱਟੇ।ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜੇ ਤੱਕ ਪੁਰਾਣੀ ਪੈਨਸ਼ਨ ਬਹਾਲ ਕਰਨ ਬਾਰੇ ਕੋਈ ਪੁਖਤਾ ਕਦਮ ਨਹੀਂ ਪੁੱਟਿਆ, ਸਗੋਂ ਐੱਨ.ਪੀ.ਐੱਸ. (ਨਵੀਂ ਪੈਨਸ਼ਨ ਪ੍ਰਣਾਲੀ) ਅਧੀਨ ਮੁਲਾਜ਼ਮਾਂ ਅਤੇ ਸਰਕਾਰੀ ਖਜਾਨੇ ਦੇ ਕਰੋੜਾਂ-ਅਰਬਾਂ ਰੁਪਏ ਸ਼ੇਅਰ ਮਾਰਕੀਟਾਂ ‘ਚ ਲਾ ਕੇ ਕਾਰਪੋਰੇਟਾਂ ਨੂੰ ਲੁਟਾਇਆ ਜਾ ਰਿਹਾ ਹੈ ਅਤੇ ਮੁਲਾਜ਼ਮ ਪੰਜ-ਪੰਜ ਹਜਾਰ ਦੀ ਨਿਗੂਣੀ ਪੈਨਸ਼ਨ ਲੈ ਕੇ ਰਿਟਾਇਰ ਹੋ ਰਹੇ ਹਨ।ਆਗੂਆਂ ਨੇ ਕਿਹਾ ਕਿ ਗੁਜਰਾਤ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਖੁਦ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ ਜੋ ਕਿ ਨਿਰਾ ਝੂਠ ਸਾਬਿਤ ਹੋਇਆ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ 2004 ਤੋਂ ਬੰਦ ਕੀਤੀ ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕਰੇ ਅਤੇ ਉਹਨਾਂ ਦੇ ਜੀ.ਪੀ.ਐਫ. ਖਾਤੇ ਖੋਲ੍ਹੇ।ਆਗੂਆਂ ਨੇ ਕਿਹਾ ਹੁਣ ਪੰਜਾਬ ਸਰਕਾਰ ਦੇ ਝੂਠ ਸਾਹਮਣੇ ਆ ਗਏ ਹਨ ਅਤੇ ਮੁਲਾਜ਼ਮ ਇਹਨਾਂ ਤੋਂ ਚੰਗੀ ਤਰਾਂ ਵਾਕਿਫ ਹੋ ਗਏ ਹਨ ਤੇ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮੁਲਾਜ਼ਮਾਂ ਦੀ ਨਾਰਾਜ਼ਗੀ ਦਾ ਖਮਿਆਜ਼ਾ ਭੁਗਤਣਾ ਪਵੇਗਾ।

Leave a Reply

Your email address will not be published. Required fields are marked *